ਸ੍ਰੀ ਮੁਕਤਸਰ ਸਾਹਿਬ, 20 ਨਵੰਬਰ ( )ਅੱਜ ਇੱਥੇ ਦੋ ਦਿਨਾਂ ਜ਼ਿਲ੍ਹਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਧੂਮਧਾਮ ਨਾਲ ਸਮਾਪਨ ਹੋ ਗਿਆ। ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਮੈਨੇਜਿੰਗ ਡਾਇਰੈਕਟਰ ਸਹਿਕਾਰੀ ਬੈਂਕ ਸ੍ਰੀ ਮੁਕਤਸਰ ਸਾਹਿਬ ਸਨ ਜਦ ਕਿ ਸਮਾਗਮ ਦੀ ਪ੍ਰਧਾਨਗੀ ਸ: ਸੰਤ ਸਿੰਘ ਬਰਾੜ, ਹਲਕਾ ਇੰਚਾਰਜ ਗਿੱਦੜਬਾਹਾ ਨੇ ਕੀਤੀ। ਸ: ਨਵਤੇਜ ਸਿੰਘ ਕਾਊਣੀ ਮੈਂਬਰ ਐਸ.ਜੀ.ਪੀ.ਸੀ. ਇਸ ਮੌਕੇ ਵਿਸੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।ਇਸ ਮੌਕੇ ਜੁੜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸਾਹਿਤ ਕਰਨ ਲਈ ਵਚਨਬੱਧ ਹੈ। ਪਸ਼ੂ ਪਾਲਣ ਨੂੰ ਪ੍ਰਫੁਲਿਤ ਕਰਨ ਲਈ ਪਸ਼ੂ ਪਾਲਕਾਂ ਦੀ ਭਲਾਈ ਲਈ ਸੂਬਾ ਸਰਕਾਰ ਨੇ ਇਕ ਪਾਸੇ ਅਨੇਕਾਂ ਸਬਸਿਡੀ ਸਕੀਮਾਂ ਸ਼ੁਰੂ ਕੀਤੀਆਂ ਹਨ ਉੱਥੇ ਪਸ਼ੂ ਪਾਲਕਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਅਤੇ ਇਕ ਦੂਜੇ ਦੇ ਤਜਰਬੇ ਤੋਂ ਸਿੱਖਣ ਦੀ ਤਕਨੀਕ ਨੂੰ ਹੁਲਾਰਾ ਦੇਣ ਲਈ ਜ਼ਿਲ੍ਹਾ ਪੱਧਰੀ ਅਤੇ ਕੌਮੀ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਸਲਾਘਾਯੋਗ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਜਾਣਦੇ ਹਨ ਕਿ ਰਾਜ ਦੇ ਕਿਸਾਨਾਂ ਦੀ ਤਰੱਕੀ ਕਿਵੇਂ ਸੰਭਵ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਸੂ ਪਾਲਣ ਦੇ ਕਿੱਤੇ ਨੂੰ ਵੱਧ ਤੋਂ ਵੱਧ ਅਪਨਾਉਣ।ਇਸ ਤੋਂ ਪਹਿਲਾਂ ਸ: ਸੰਤ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿਚ ਹਾਜਰੀਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਣਕ‑ਝੋਨੇ ਦੇ ਫਸਲੀ ਚੱਕਰ ਨੂੰ ਬਦਲਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਫਸਲ ਵਿਭਿੰਨਤਾ ਦਾ ਵਧੀਆ ਵਿਕਲਪ ਹੈ। ਜੱਥੇਦਾਰ ਨਵਤੇਜ ਸਿੰਘ ਕਾਉਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਮੁਕਾਬਲੇ ਕਰਵਾਉਣਾ ਪੰਜਾਬ ਸਰਕਾਰ ਦਾ ਬਹੁਤ ਹੀ ਸਲਾਘਾਯੋਗ ਫੈਸਲਾ ਹੈ ਅਤੇ ਇੱਥੋਂ ਕਿਸਾਨਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਸ਼ੂ ਪਾਲਣ ਦੇ ਕਿੱਤੇ ਨੂੰ ਅਪਨਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹ ਕਿੱਤਾ ਸ਼ੁਰੂ ਕਰਨ ਵਿਚ ਹਰ ਪ੍ਰਕਾਰ ਦੀ ਮਦਦ ਕਰਦੀ ਹੈ।
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਨਰੇਸ਼ ਸਚਦੇਵਾ ਨੇ ਦੱਸਿਆ ਕਿ ਮੁਕਾਬਲਿਆਂ ਪਿੰਡ ਰੱਤਾ ਟਿੱਬਾ ਦੇ ਕਿਸਾਨ ਪਿਸੌਰਾ ਸਿੰਘ ਦੀ ਐਚ.ਐਫ. ਨਸਲ ਦੀ ਗਾਂ ਨੇ ਸਭ ਤੋਂ ਵੱਧ 39.846 ਲੀਟਰ ਦੁੱਧ ਦੇ ਕੇ ਪਹਿਲਾਂ ਇਨਾਮ ਜਿੱਤਿਆ। ਉਨ੍ਹਾਂ ਕਿਹਾ ਕਿ 48 ਵਰਗਾਂ ਵਿਚ ਜੇਤੂਆਂ ਨੂੰ 5.5 ਲੱਖ ਦੇ ਨਗਦ ਇਨਾਮ ਤਕਸੀਮ ਕੀਤੇ ਗਏ। ਸਮਾਪਨ ਸਮਾਗਮ ਮੌਕੇ ਗਤਕੇ ਦੇ ਜੌਹਰ ਵੀ ਵਿਖਾਏ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸ: ਵਰਿੰਦਰਪਾਲ ਸਿੰਘ ਬਾਜਵਾ, ਡੀ.ਐਸ.ਪੀ. ਸ: ਕੰਵਲਪ੍ਰੀਤ ਸਿੰਘ ਚਾਹਲ, ਡਿਪਟੀ ਡਾਇਰੈਕਟਰ ਡੇਅਰੀ ਸ: ਕਰਨੈਲ ਸਿੰਘ, ਡਿਪਟੀ ਡਾਇਰੈਕਟਰ ਮੱਛੀ ਪਾਲਣ ਸ੍ਰ੍ਰੀ ਕਰਨ ਸਿੰਘ, ਅਮਨਦੀਪ ਸਿੰਘ, ਹਰਬੰਸ ਸਿੰਘ, ਜਗਸੀਰ ਸਿੰਘ ਬਰਾੜ, ਸ: ਅਜਾਇਬ ਸਿੰਘ ਆਦਿ ਵੀ ਹਾਜਰ ਸਨ।
ਜ਼ਿਲ੍ਹਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਦੇ ਸਮਾਪਨ ਸਮਾਗਮ ਦੇ ਵੱਖ ਵੱਖ ਦ੍ਰਿਸ਼।
Post a Comment