ਮਾਨਸਾ, 05 ਨਵੰਬਰ ( ):6ਵੀਂ ਆਰਥਿਕ ਗਣਨਾ ਨੂੰ ਨਿਰਵਿਘਨ ਨੇਪਰੇ ਚਾੜਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਆਰਥਿਕ ਗਣਨਾ ਕੌਮੀ ਪੱਧਰ 'ਤੇ ਹੋਣੀ ਹੈ ਇਸ ਲਈ ਇਸਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਆਰਥਿਕ ਗਣਨਾ ਦਸੰਬਰ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾ ਸਿੱਖਿਆ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖੇਤੀਬਾੜੀ, ਉਦਯੋਗ, ਸਮਾਜਿਕ ਸੁਰੱਖਿਆ ਵਿਭਾਗ ਅਤੇ ਹੋਰ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜਲਦ ਤੋਂ ਜਲਦ ਆਪਣੇ ਅਮਲੇ ਦੀਆਂ ਲਿਸਟਾਂ ਬਣਾ ਕੇ ਭੇਜਣ ਤਾਂ ਜੋ ਖੇਤਰੀ ਅਮਲੇ ਦੀ ਨਿਯੁਕਤੀ ਕੀਤੀ ਜਾ ਸਕੇ।
ਸ਼੍ਰੀ ਅਮਿਤ ਕੁਮਾਰ ਨੇ ਕਿਹਾ ਕਿ ਇਸ ਗਣਨਾ ਲਈ ਸਾਰੇ ਵਿਭਾਗ ਆਪਣਾ ਸਹਿਯੋਗ ਕਰਨਗੇ। ਉਨ੍ਹਾਂ ਕਿਹਾ ਕਿ ਆਰਥਿਕ ਗਣਨਾ ਨਾਲ ਸਬੰਧਿਤ ਸਾਰੇ ਅਧਿਕਾਰੀਆਂ ਦੇ ਟੈਲੀਫੋਨ ਨੰਬਰ ਅਤੇ ਫੈਕਸ ਨੰਬਰਾਂ ਦੀ ਲਿਸਟ ਵੀ ਜਲਦ ਤਿਆਰ ਕੀਤੀ ਜਾਵੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਆਰਥਿਕ ਗਣਨਾ ਲਈ ਫੀਲਡ ਵਿੱਚ ਦੌਰਾ ਕਰਨ ਲਈ ਸਰਕਾਰੀ ਵਾਹਨਾਂ ਦੀ ਵੀ ਵਿਵਸਥਾ ਕੀਤੀ ਜਾਵੇ ਅਤੇ ਆਰਥਿਕ ਗਣਨਾ ਲਈ ਟ੍ਰੇਨਿੰਗ ਹਾਲਾਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਹਰਬੰਸ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ਼੍ਰੀ ਹਰਬੰਸ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਰਜਿੰਦਰ ਮਿੱਤਲ, ਤਹਿਸੀਲਦਾਰ ਬੁਢਲਾਡਾ ਸ਼੍ਰੀ ਰੁਪਿੰਦਰ ਸਿੰਘ ਬੱਲ ਅਤੇ ਸਹਾਇਕ ਖੋਜ ਅਫ਼ਸਰ ਸ਼੍ਰੀ ਬਹਾਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

Post a Comment