ਮਾਨਸਾ, 20 ਨਵੰਬਰ ( ) : ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕਮਾਰ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਜ਼ਿਲ੍ਹੇ ਵਿਚ ਨਜਾਇਜ਼ ਕਬਜ਼ੇ ਛੁਡਾਉਣ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਬਜ਼ੇ ਛੁਡਾਉਣ ਲਈ ਬਣਦੀ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ਼ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਈ.ਓਜ਼ ਇਸ ਸਬੰਧੀ ਪੂਰੀ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਐਸ.ਡੀ.ਐਮਜ਼ ਨਾਲ ਤਾਲਮੇਲ ਕਰਕੇ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਜ਼ਿਲ੍ਹੇ ਵਿਚ ਇਕ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਲਈ ਸਬੰਧਿਤ ਐਸ.ਡੀ.ਐਮ ਅਤੇ ਡੀ.ਐਸ.ਪੀ. ਦਾ ਆਪਸ ਵਿਚ ਤਾਲਮੇਲ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਬਜ਼ਾ ਕਰਨ ਵਾਲੇ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ-ਆਪ ਹੀ ਨਜਾਇਜ਼ ਕਬਜ਼ੇ ਛੱਡ ਦੇਣ, ਨਹੀਂ ਤਾਂ ਪ੍ਰਸਾਸ਼ਨ ਕਾਨੂੰਨੀ ਤੌਰ 'ਤੇ ਸਖ਼ਤ ਕਾਰਵਾਈ ਕਰਨ ਲਈ ਮਜ਼ਬੂਰ ਹੋਵੇਗਾ।ਸ਼੍ਰੀ ਅਮਿਤ ਕੁਮਾਰ ਨੇ ਕਿਹਾ ਕਿ ਵਿੱਢੇ ਹੋਏ ਕੰਮਾਂ ਨੂੰ ਜਲਦੀ ਨਬੇੜਿਆ ਜਾਵੇ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਜ਼ਿਲ੍ਹੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਇੱਕਜੁਟਤਾ ਨਾਲ ਕੰਮ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਦਾ ਪ੍ਰਬੰਧ ਅਵੱਲ ਦਰਜੇ ਦਾ ਹੋਣਾ ਚਾਹੀਦਾ ਹੈ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਪ੍ਰਸ਼ਾਸ਼ਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਸਪਲਾਈ ਅਤੇ ਸੀਵਰੇਜ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚਲਦਾ ਹੋਣ ਤੋਂ ਬਾਅਦ ਵੀ ਇਸ ਦੀ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾਵੇ ਅਤੇ ਆਰ.ਓਜ਼ ਦੇ ਪਾਣੀ ਦੀ ਵੀ ਜਾਂਚ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਿਰਮਾਣ ਅਧੀਨ ਕੰਮਾਂ ਨੂੰ ਜਲਦੀ ਨਿਬੇੜਿਆ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਡੀ.ਐਮ. ਸਰਦੂਲਗੜ੍ਹ-ਕਮ-ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਰਾਜੀਵ ਕੁਮਾਰ ਵਰਮਾ, ਡੀ.ਡੀ.ਪੀ.ਓ ਸ਼੍ਰੀ ਹਰਿੰਦਰ ਸਿੰਘ ਸਰਾਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ਼੍ਰੀ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।
Post a Comment