ਮਾਨਸਾ, 09 ਨਵੰਬਰ : ਵੱਖ-ਵੱਖ ਵਿਭਾਗਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੀਆਂ ਗ੍ਰਾਂਟਾਂ ਦੀ ਵਰਤੋਂ ਕਰਕੇ ਸਬੰਧਿਤ ਸਰਟੀਫਿਕੇਟ ਤੁਰੰਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਭੇਜਿਆ ਜਾਵੇ ਅਤੇ ਜੋ ਗ੍ਰਾਂਟਾਂ ਵਰਤੀਆਂ ਨਹੀਂ ਗਈਆਂ, ਉਨ੍ਹਾਂ ਨੂੰ ਤੁਰੰਤ ਵਾਪਸ ਭੇਜਿਆ ਜਾਵੇ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਸੁਖਵਿੰਦਰ ਸਿੰਘ ਔਲਖ ਨੇ ਬੱਚਤ ਭਵਨ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਦਿੱਤੀਆਂ ਗ੍ਰਾਂਟਾਂ ਨੂੰ ਵਰਤਣ ਲਈ ਤੁਰੰਤ ਸਖ਼ਤ ਕਦਮ ਚੁੱਕੇ ਜਾਣ। ਸ਼੍ਰੀ ਔਲਖ ਨੇ ਦੱਸਿਆ ਕਿ ਵਿੱਤੀ ਸਾਲ 2012-13 ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਨੂੰ ਬੁਢਾਪਾ, ਵਿਧਵਾ ਅਤੇ ਆਸ਼ਰਿਤ ਬੱਚਿਆਂ ਦੀ ਪੈਨਸ਼ਨ ਲਈ 2,52,19000/- ਰੁਪਏ ਅਤੇ ਨਿਊਟਰੇਸ਼ਨ ਸਕੀਮ ਅਧੀਨ ਆਂਗਣਵਾੜੀ ਦੇ ਬੱਚਿਆਂ ਦੀ ਖ਼ੁਰਾਕ ਲਈ 5,52,95000/- ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਅਮਿਤ ਢਾਕਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਆਡਿਟ ਪੈਰ੍ਹਿਆਂ ਦਾ ਤੁਰੰਤ ਨਿਪਟਾਰਾ ਕਰਨ ਦੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਵਾਟਰ ਵਰਕਸ ਦੇ ਐਕਸੀਅਨ ਨੂੰ ਹਰ ਪਿੰਡ ਅਤੇ ਢਾਣੀਆਂ ਨੂੰ ਪਾਣੀ ਦੀ ਸਪਲਾਈ ਦੇਣ ਦੀ ਵੀ ਹਦਾਇਤ ਕੀਤੀ ਅਤੇ ਨਾਲ ਹੀ ਬਿਜਲੀ ਬੋਰਡ ਦੇ ਐਕਸੀਅਨ ਨੂੰ ਸਮਾਂਬੱਧ ਤਰੀਕੇ ਨਾਲ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਸ਼੍ਰੀ ਢਾਕਾ ਨੇ ਸਬੰਧਿਤ ਬੀ.ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਦਿੱਤੀਆਂ ਗਈਆਂ ਵੱਖ-ਵੱਖ ਸਕੀਮਾਂ ਅਧੀਨ ਵਿਕਾਸ ਗ੍ਰਾਂਟਾਂ ਨੂੰ ਲਗਾਉਣ ਲਈ ਵੀ ਸਖ਼ਤ ਕਦਮ ਚੁੱਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਐਸ.ਪੀ. (ਡੀ) ਸ਼੍ਰੀ ਪੁਸ਼ਕਰ ਸੰਦਲ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਰਾਜੀਵ ਵਰਮਾ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਦੀਪ ਸਿੰਘ ਬਰਾੜ, ਡੀ.ਡੀ.ਪੀ.ਓ. ਸ਼੍ਰੀ ਹਰਿੰਦਰ ਸਿੰਘ ਸਰਾਂ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਹਰਬੰਸ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Post a Comment