ਮਾਨਸਾ, 02 ਨਵੰਬਰ : ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਮਲਟੀਪਰਪਜ਼ ਖੇਡ ਸਟੇਡੀਅਮ ਮਾਨਸਾ ਵਿਖੇ 3 ਅਤੇ 4 ਨਵੰਬਰ 2012 ਨੂੰ ਲੱਗਣ ਵਾਲੇ ਮੈਗਾ ਮੈਡੀਕਲ ਕੈਂਪ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਕਰਨਗੇ। ਉਨ੍ਹਾਂ ਤੋਂ ਇਲਾਵਾ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ, ਸਥਾਨਕ ਸਰਕਾਰ ਅਤੇ ਡਾਕਟਰੀ ਸਿੱਖਿਆ ਮੰਤਰੀ ਸ਼੍ਰੀ ਚੁੰਨੀ ਲਾਲ ਭਗਤ, ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ, ਰਾਜ ਸਭਾ ਮੈਂਬਰ ਸ਼੍ਰੀ ਬਲਵਿੰਦਰ ਸਿੰਘ ਭੂੰਦੜ, ਚੀਫ਼ ਪਾਰਲੀਮੈਂਟਰੀ ਸੈਕਟਰੀ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਨਵਜੋਤ ਕੌਰ ਸਿੱਧੂ, ਚੀਫ਼ ਪਾਰਲੀਮੈਂਟਰੀ ਸੈਕਟਰੀ ਡਾਕਟਰੀ ਸਿੱਖਿਆ ਅਤੇ ਖੋਜ ਸ਼੍ਰੀਮਤੀ ਮਹਿੰਦਰ ਕੌਰ ਜੋਸ਼ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ। ਇਨ੍ਹਾਂ ਤੋਂ ਇਲਾਵਾ ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ ਅਤੇ ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ ਵੀ ਮੌਜੂਦ ਹੋਣਗੇ।
ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਅੱਜ ਦੁਬਾਰਾ ਫਿਰ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਕੈਂਪ ਵਿਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੀ ਢਾਕਾ ਨੇ ਕਿਹਾ ਕਿ 12 ਅਲਟਰਾਸਾਊਂਡ ਮਸ਼ੀਨਾਂ ਦਾ ਪ੍ਰਬੰਧ ਕਰਨ ਤੋਂ ਇਲਾਵਾ ਪੰਜਾਬ ਵਿਚੋਂ ਕਰੀਬ 500 ਪੈਰਾਮੈਡੀਕਲ ਸਟਾਫ਼ ਅਤੇ ਕਰੀਬ 600 ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਵੀ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਕਰੀਬਨ 500 ਮਾਹਿਰ ਡਾਕਟਰ ਦੇਸ਼-ਵਿਦੇਸ਼ ਤੋਂ ਪੁੱਜ ਰਹੇ ਹਨ, ਜੋ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕਰਨਗੇ। ਉਨ੍ਹਾਂ ਕਿਹਾ ਕਿ ਕੈਂਪ ਵਿਚ ਹਰ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਸਮਾਜ ਸੇਵੀ ਸੰਸਥਾਵਾਂ ਤੇ ਯੂਥ ਕਲੱਬਾਂ ਦੇ ਕਰੀਬ 100 ਵਲੰਟੀਅਰਾਂ ਵਲੋਂ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਕ ਮੁੱਖ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਅਤੇ ਅਪਾਹਜ਼ ਮਰੀਜ਼ਾਂ ਲਈ 25 ਵਹੀਲਚੇਅਰਾਂ ਦੇ ਨਾਲ ਸਟਰੈਚਰਜ਼ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ 25 ਐਂਬੂਲੈਂਸਾਂ ਦਾ ਵੀ ਪ੍ਰਬੰਧ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਰੀਜ਼ਾਂ ਨੂੰ ਜਾਣਕਾਰੀ ਦੇਣ ਲਈ ਪੁਛਗਿਛ ਅਤੇ ਸੂਚਨਾ ਕੇਂਦਰ ਵੀ ਬਣਾਏ ਗਏ ਹਨ ਅਤੇ ਰਜਿਸਟ੍ਰੇਸ਼ਨ ਕੇਂਦਰ ਵੀ ਬਣਾਏ ਗਏ ਹਨ ਤਾਂ ਜੋ ਜ਼ਿਲ੍ਹਾ ਵਾਸੀ ਖੱਜਲ ਨਾ ਹੋਣ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਚੈਕਅੱਪ ਕਰਨ ਤੋਂ ਇਲਾਵਾ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।
ਉਧਰ ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਸੁਰੱਖਿਆ ਦੇ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਪਾਰਕਿੰਗ ਤੋਂ ਇਲਾਵਾ ਵੱਖ-ਵੱਖ ਰੂਟ ਵੀ ਨਿਸ਼ਚਿਤ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਉਣ ਜਾਂ ਜਾਣ ਵਿਚ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਡਾ. ਭਾਰਗਵ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਦੀ ਡਿਊਟੀ ਬਤੌਰ ਡਿਊਟੀ ਮੈਜਿਸਟ੍ਰੇਟ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੀ.ਵੀ.ਆਈ.ਪੀ. ਦੇ ਨਾਲ ਚੱਲਣ ਲਈ ਸ਼੍ਰੀ ਰਮੇਸ਼ ਕੁਮਾਰ ਜੈਨ ਨੂੰ ਕਾਰਜਕਾਰੀ ਮੈਜਿਸਟ੍ਰੇਟ ਲਗਾਇਆ ਗਿਆ ਹੈ, ਵੀ.ਵੀ.ਆਈ.ਪੀ. ਦੇ ਰੂਟ ਲਈ ਸ਼੍ਰੀ ਹਰਪਾਲ ਸਿੰਘ ਨੂੰ ਕਾਰਜਕਾਰੀ ਮੈਜਿਸਟ੍ਰੇਟ, ਸਮਾਗਮ ਵਾਲੀ ਜਗ੍ਹਾ 'ਤੇ ਸ਼੍ਰੀਮਤੀ ਬਲਜਿੰਦਰਪਾਲ ਕੌਰ ਅਤੇ ਹੈਲੀਪੈਡ ਤੇ ਕਰਿਊ ਮੈਂਬਰਾਂ ਲਈ ਸ਼੍ਰੀ ਸੁਰਿੰਦਰ ਪਾਲ ਸ਼ਰਮਾ ਨੂੰ ਕਾਰਜਕਾਰੀ ਮੈਜਿਸਟ੍ਰੇਟ ਦੇ ਤੌਰ 'ਤੇ ਲਗਾਇਆ ਗਿਆ ਹੈ।

Post a Comment