ਮਾਨਸਾ, 26 ਨਵੰਬਰ ( ) : ਜ਼ਿਲ੍ਹੇ ਦੇ ਮਲਟੀਪਰਪਜ਼ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਤੀਜੇ ਵਿਸ਼ਵ ਕਬੱਡੀ ਕੱਪ ਦੇ 11 ਦਸੰਬਰ ਨੂੰ ਹੋਣ ਵਾਲੇ ਮੈਚਾਂ ਨੂੰ ਯਾਦਗਾਰੀ ਬਣਾਉਣ ਅਤੇ ਇਸ ਲਈ ਅਵੱਲ ਦਰਜੇ ਦੇ ਪ੍ਰਬੰਧ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਇਕ ਰੀਵਿਊ ਮੀਟਿੰਗ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਅਧਿਕਾਰੀਆਂ ਦੀਆਂ ਕਮੇਟੀਆਂ ਵੀ ਗਠਿਤ ਕੀਤੀਆਂ ਗਈਆਂ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਐਸ.ਡੀ.ਐਮ. ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਡੀ.ਐਮ. ਸਰਦੂਲਗੜ੍ਹ-ਕਮ-ਡੀ.ਟੀ.ਓ. ਸ਼੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਰਾਜੀਵ ਕੁਮਾਰ ਵਰਮਾ, ਡੀ.ਡੀ.ਪੀ.ਓ. ਸ਼੍ਰੀ ਹਰਿੰਦਰ ਸਿੰਘ ਸਰਾਂ, ਡੀ.ਐਫ.ਓ. ਸ਼੍ਰੀ ਅਜੀਤ ਕਲਕਰਨੀ, ਐਸ.ਪੀ. ਸ਼੍ਰੀ ਕੁਲਦੀਪ ਸ਼ਰਮਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਦਰਸ਼ਨ ਸਿੰਘ ਭੁੱਲਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਨ ਅਤੇ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਮੈਚ ਦੇਖਣ ਲਈ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪਹਿਲਾਂ ਤੋਂ ਹੀ ਇਸ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਗਠਿਤ ਕਮੇਟੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਕਾਬਲਿਆਂ ਦੌਰਾਨ ਪੀਣ ਵਾਲੇ ਪਾਣੀ, ਡਾਕਟਰੀ ਸਹਾਇਤਾ, ਟਰਾਂਸਪੋਰਟ, ਪਾਰਕਿੰਗ, ਟ੍ਰੈਫਿਕ ਪਲਾਨ, ਸੁਰੱਖਿਆ, ਸੱਦਾ ਪੱਤਰਾਂ ਅਤੇ ਹੋਰ ਲੋੜੀਂਦੇ ਇੰਤਜ਼ਾਮ ਵੀ ਜਲਦੀ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸੇ ਕਿਸਮ ਦੀ ਊਣਤਾਈ ਦਾ ਸਾਹਮਣਾ ਨਾ ਕਰਨਾ ਆਵੇ। ਸ਼੍ਰੀ ਢਾਕਾ ਨੇ ਡੋਪ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਡੋਪ ਟੈਸਟ ਲਈ ਪੂਰੀ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਰ ਕਬੱਡੀ ਟੀਮ ਨਾਲ ਇਕ ਸੀਨੀਅਰ ਜ਼ਿਲ੍ਹਾ ਅਧਿਕਾਰੀ ਲਗਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਖਿਡਾਰੀਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਅਗਾਂਹਵਧੂ ਉਪਰਾਲਾ ਹੈ, ਇਸ ਲਈ ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਦਾ ਲੜ ਫੜਨ।

Post a Comment