-ਮਾਨਸਾ, 01 ਨਵੰਬਰ ( : ਮਾਨਸਾ 'ਚ ਲੱਗਣ ਵਾਲੇ ਮੈਗਾ ਮੈਡੀਕਲ ਕੈਂਪ ਵਿਚ ਸੰਗਰੂਰ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ ਵੀ ਵੱਡੀ ਗਿਣਤੀ ਵਿਚ ਪੁੱਜ ਕੇ ਕੈਂਪ ਦਾ ਲਾਹਾ ਲੈਣਗੇ ਅਤੇ ਇਹ ਪੰਜਾਬ ਦਾ ਦੂਜਾ ਕੈਂਪ ਹੋਵੇਗਾ, ਜਿਥੇ ਭਾਰੀ ਗਿਣਤੀ ਵਿਚ ਮਰੀਜ਼ ਚੈਕਅੱਪ ਕਰਵਾਉਣਗੇ, ਇਸ ਤੋਂ ਪਹਿਲਾਂ ਪਿੰਡ ਬਾਦਲ ਵਿਖੇ ਅਜਿਹਾ ਕੈਂਪ ਲੱਗਾ ਸੀ। ਇਥੇ ਚੈਕਅੱਪ ਕਰਨ ਤੋਂ ਇਲਾਵਾ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਹਰ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਅੱਜ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ਼੍ਰੀ ਕੇ.ਜੇ.ਐਸ.ਚੀਮਾ ਨੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ 3 ਅਤੇ 4 ਨਵੰਬਰ ਨੂੰ ਲੱਗਣ ਵਾਲੇ ਮੈਗਾ ਮੈਡੀਕਲ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਆਈ.ਜੀ. ਸ਼੍ਰੀ ਨਿਰਮਲ ਸਿੰਘ ਢਿਲੋਂ, ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ, ਡੀ.ਆਈ.ਜੀ. ਸ਼੍ਰੀ ਪ੍ਰਮੋਦ ਬਾਨ ਅਤੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਵੀ ਹਾਜ਼ਰ ਸਨ।
ਸ਼੍ਰੀ ਚੀਮਾ ਨੇ ਅੱਜ ਸਾਰੇ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੈਗਾ ਮੈਡੀਕਲ ਕੈਂਪ ਲਈ ਕਾਫ਼ੀ ਗੰਭੀਰ ਹੈ ਅਤੇ ਕਿਸੇ ਵੀ ਊਣਤਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਵਾਲੇ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਾਹਰੋ ਆਉਣ ਵਾਲੀ ਜਨਤਾ ਲਈ ਵਾਹਨ ਰੋਕਣ ਲਈ ਪਾਰਕਿੰਗ ਸਥਾਨ ਨਿਰਧਾਰਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਕਿੰਗ ਸਥਾਨ ਤੋਂ ਕੈਂਪ ਵਾਲੀ ਥਾਂ ਤੱਕ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਲਿਆਉਣ ਲਈ ਐਂਬੂਲੈਂਸ ਗੱਡੀਆਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਮਰੀਜ਼ਾਂ ਲਈ ਲੰਗਰ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਐਸ.ਡੀ.ਐਮ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਪੀ. (ਡੀ) ਸ਼੍ਰੀ ਪੁਸ਼ਕਰ ਸੰਦਲ, ਐਸ.ਪੀ. (ਐਚ) ਸ਼੍ਰੀ ਰਜੇਸ਼ਵਰ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਰਾਜੀਵ ਕੁਮਾਰ ਵਰਮਾ, ਐਸ.ਡੀ.ਐਮ.-ਕਮ-ਡੀ.ਟੀ.ਓ. ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਬਲਦੇਵ ਸਿੰਘ ਸਹੋਤਾ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼੍ਰੀ ਹਰਿੰਦਰ ਸਿੰਘ ਸਰਾਂ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।
-ਮੁੱਖ ਮੰਤਰੀ ਪੰਜਾਬ ਦੇ ਵਿਸੇਸ਼ ਪ੍ਰਮੁੱਖ ਸਕੱਤਰ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ।
Post a Comment