ਮਾਨਸਾ, 20 ਨਵੰਬਰ ( ) : ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ-ਮੁਕਤ ਪ੍ਰਸਾਸ਼ਨ ਦਿੱਤਾ ਜਾਵੇਗਾ ਅਤੇ ਨਸ਼ਿਆਂ ਖਿਲਾਫ਼ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਉਹ ਇਸ ਲਾਹਨਤ ਤੋਂ ਆਪਣਾ ਬਚਾਅ ਰੱਖ ਸਕਣ। ਉਨ੍ਹਾਂ ਕਿਹਾ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹਨ ਅਤੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਸਮੇਂ-ਸਮੇਂ 'ਤੇ ਬੱਚਿਆਂ ਦਾ ਮਾਰਗ ਦਰਸ਼ਨ ਕਰਦੇ ਰਹਿਣ। ਸ਼੍ਰੀ ਢਾਕਾ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਜ਼ਿਲ੍ਹੇ ਵਿਚ ਲੋਕ ਲਹਿਰ ਚਲਾਈ ਜਾ ਰਹੀ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਇਸ ਮੁਹਿੰਮ ਵਿਚ ਜੁੱਟ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਵੱਖ-ਵੱਖ ਸਕੂਲਾਂ ਦੀ ਅਗਵਾਈ ਲਈ ਕਮੇਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ ਅਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਹਰਬੰਸ ਸਿੰਘ ਸੰਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸ਼੍ਰੀ ਗੁਰਲਾਭ ਸਿੰਘ ਏ.ਡੀ.ਐਸ.ਐਸ., ਐਸ.ਡੀ.ਐਮ. ਸਰਦੂਲਗੜ੍ਹ-ਕਮ-ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਰਾਜਦੀਪ ਸਿੰਘ ਬਰਾੜ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਅ) ਸ਼੍ਰੀ ਰਜਿੰਦਰ ਮਿੱਤਲ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਰਾਜੀਵ ਵਰਮਾ ਅਤੇ ਸ਼੍ਰੀ ਪਰਾਗ ਰਾਜ ਏ.ਡੀ.ਐਸ.ਐਸ. ਅਤੇ ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਅਤੇ ਸ਼੍ਰੀ ਨੇਤਰਪਾਲ ਸਿੰਘ ਡੀ.ਐਸ.ਐਸ. ਸ਼ਾਮਿਲ ਸਨ। ਉਧਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਿੱਥੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ, ਨਸ਼ਿਆਂ ਵਿਰੁੱਧ ਨਾਅਰੇ ਸਿਰਜਨ ਅਤੇ ਭਾਸ਼ਣ/ਲੇਖ ਮੁਕਾਬਲੇ ਕਰਵਾਏ ਗਏ, ਉਥੇ ਸਵੇਰ ਦੀ ਸਭਾ ਵਿੱਚ ਨਸ਼ਿਆਂ ਵਿਰੁੱਧ ਭਾਸ਼ਣ ਦਿੱਤੇ ਗਏ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਵਲੋਂ ਜਾਗ੍ਰਿਤੀ ਰੈਲੀਆਂ ਵੀ ਕੱਢੀਆਂ ਗਈਆਂ। ਰੈਲੀ ਵਿੱਚ ਬੱਚਿਆਂ ਦੇ ਹੱਥਾਂ ਵਿੱਚ ਉਨ੍ਹਾਂ ਵਲੋਂ ਲਿਖੇ ਗਏ ਨਾਅਰੇ ਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਪਿੰਡ ਬੁਰਜ ਹਰੀ, ਖਿਆਲਾ ਕਲਾਂ ਅਤੇ ਭੀਖੀ ਸਕੂਲ (ਲੜਕੀਆਂ) ਵਿਖੇ ਕੱਢੀਆਂ ਰੈਲੀਆਂ ਨੂੰ ਹਰੀ ਝੰਡੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ ਨੇ ਕਿਹਾ ਕਿ ਇਨ੍ਹਾਂ ਰੈਲੀਆਂ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਤੇ ਨਸ਼ਿਆਂ ਵਿਰੁੱਧ ਬਹੁਤ ਹੀ ਉਸਾਰੂ ਪ੍ਰਭਾਵ ਪੈਣ ਦੀ ਉਮੀਦ ਹੈ। ਪਿੰਡ ਘਰਾਂਗਣਾ, ਕੋਟਧਰਮੂ ਅਤੇ ਬਾਜੇਵਾਲਾ ਵਿਖੇ ਐਸ.ਡੀ.ਐਮ. ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਕਾਰਨ ਵਿਅਕਤੀ ਆਪਣੇ ਤੇ ਆਪਣੇ ਪਰਿਵਾਰ ਲਈ ਬਰਬਾਦੀ ਦਾ ਕਾਰਨ ਬਣਦਾ ਹੈ। ਇਸ ਤੋਂ ਇਲਾਵਾ ਉਕਤ ਕਮੇਟੀ ਮੈਂਬਰਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਜਾ ਕੇ ਨਸ਼ਿਆਂ ਖਿਲਾਫ਼ ਬੱਚਿਆਂ ਨੂੰ ਜਾਗਰੂਕ ਕੀਤਾ। ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਦੇ ਨਿਰੀਖਣ ਲਈ ਸਟੇਟ ਦਫ਼ਤਰ ਵਲੋਂ ਸ਼੍ਰੀਮਤੀ ਗੁਰਪ੍ਰੀਤ ਕੌਰ, ਡਿਪਟੀ ਡਾਇਰੈਕਟਰ (ਐ: ਸਿ:) ਉਚੇਚੇ ਤੌਰ 'ਤੇ ਪਹੁੰਚੇ ਸਨ। ਨਿਰੀਖਣ ਸਮੇਂ ਉਕਤ ਅਧਿਕਾਰੀਆਂ ਵਲੋਂ ਬੱਚਿਆਂ ਦੁਆਰਾ ਕੀਤੇ ਗਏ ਕੰਮਾਂ ਦਾ ਨਿਰੀਖਣ ਕੀਤਾ ਗਿਆ ਅਤੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਭਾਸ਼ਣ ਦਿੱਤੇ ਗਏ। ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਪੰਜਾਬ ਸ਼੍ਰੀ ਕਾਹਨ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿੱਢੀ ਇਸ 2 ਦਿਨਾਂ ਦੀ ਮੁਹਿੰਮ ਦਾ ਬੱਚਿਆਂ, ਅਧਿਆਪਕਾਂ, ਮਾਪਿਆਂ ਅਤੇ ਹੋਰ ਸਮਾਜ ਦੇ ਤਬਕਿਆਂ 'ਤੇ ਉਸਾਰੂ ਪ੍ਰਭਾਵ ਪਿਆ।
Post a Comment