ਮਾਨਸਾ, 13 ਦਸੰਬਰ ( ) : ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਬੱਚਤ ਭਵਨ ਵਿੱਚ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੈਂਸਰ ਦੇ ਸਰਵੇ ਲਈ ਵੱਡੇ ਪੱਧਰ 'ਤੇ ਮੁਹਿੰਮ ਵਿਢੱਣ ਦੀ ਲੋੜ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕੈਂਸਰ ਚੇਤਨਾ ਮੁਹਿੰਮ ਵਿੱਚ ਸਾਰੇ ਵਿਭਾਗ ਆਪਣੇ-ਆਪਣੇ ਅਧਿਕਾਰ ਖੇਤਰਾਂ 'ਚ ਮੀਟਿੰਗ ਕਰਕੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ। ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਸ਼੍ਰੀ ਢਾਕਾ ਨੇ ਕਿਹਾ ਕਿ ਬਕਾਇਆਂ ਦੀ ਵਸੂਲੀ ਵਿੱਚ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਵਸੂਲੀ ਨਾਲ ਸਬੰਧਤ ਕੇਸਾਂ ਵਿੱਚ ਅਧਿਕਾਰੀਆਂ ਦਾ ਇਕ ਦੂਸਰੇ ਨਾਲ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦਾ ਕੰਮ ਪਾਰਦਰਸ਼ੀ ਹੋਣਾ ਚਾਹੀਦਾ ਹੈ, ਇਸ ਲਈ ਕੰਮ ਦੀ ਹੋਰ ਤਹਿ ਤੱਕ ਜਾਇਆ ਜਾਵੇ ਅਤੇ ਲੰਬਿਤ ਕੰਮਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਿਕਵਰੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਰਿਕਵਰੀਆਂ ਲਈ ਗੰਭੀਰਤਾ ਅਤੇ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਰਦ ਕੇਂਦਰਾਂ ਵਿਚ ਸੇਵਾਵਾਂ ਲੈਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਸੂਚਨਾ ਦੇ ਅਧਿਕਾਰ ਸਬੰਧੀ ਹੋਈ ਮੀਟਿੰਗ ਵਿਚ ਸ਼੍ਰੀ ਢਾਕਾ ਨੇ ਕਿਹਾ ਕਿ ਅਧਿਕਾਰੀਆਂ ਨੂੰ ਆਰ.ਟੀ.ਆਈ. ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਵਿਭਾਗਾਂ ਦੇ ਮੁਖੀ ਜ਼ਿੰਮੇਵਾਰੀ ਸਮਝਦੇ ਹੋਏ ਸਮਾਂ ਰਹਿੰਦੇ ਹੀ ਸੂਚਨਾ ਸਬੰਧਤ ਵਿਅਕਤੀ ਨੂੰ ਮੁਹੱਈਆ ਕਰਵਾਉਣ। ਉਨ੍ਹਾਂ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਵੀ ਸੇਵਾਵਾਂ ਸਮੇਂ-ਸਿਰ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਵਿਚ ਦੇਰੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦਫ਼ਤਰਾਂ ਦੀ ਹਾਜ਼ਰੀ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਵਾਜ਼ੀ ਪ੍ਰਦੂਸ਼ਣ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਲਈ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਨੂੰ ਠੱਲ੍ਹ ਪਾਉਣ ਲਈ ਦੁਕਾਨਾਂ ਅਤੇ ਰੇਹੜੀਆਂ 'ਤੇ ਛਾਪਾਮਾਰੀ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਐਸ.ਡੀ.ਐਮ. ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਡੀ.ਐਮ. ਸਰਦੂਲਗੜ ਸ਼੍ਰੀ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਰਾਜੇਸ਼ ਸ਼ਰਮਾ, ਸਿਵਲ ਸਰਜਨ ਡਾ. ਬਲਦੇਵ ਸਿੰਘ ਸਹੋਤਾ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਕੇ.ਐਸ. ਛੀਨਾ, ਜ਼ਿਲ੍ਹਾ ਜੰਗਲਾਤ ਅਫ਼ਸਰ ਸ਼੍ਰੀ ਅਜੀਤ ਕੁਲਕਰਨੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਿਰਮਲ ਸਿੰਘ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਸੁਰਜੀਤ ਸਿੰਘ , ਸਾਰੇ ਤਹਿਸੀਲਦਾਰ ਬੀ.ਡੀ.ਪੀ.ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।

Post a Comment