ਹੁਸ਼ਿਆਰਪੁਰ, 4 ਜਨਵਰੀ:/ 64ਵੇਂ ਗਣਤੰਤਰ ਦਿਵਸ ਦੇ ਮੌਕੇ ਤੇ 26 ਜਨਵਰੀ 2013 ਨੂੰ ਹਰ ਸਾਲ ਦੀ ਤਰ੍ਹਾਂ ਪੁਲਿਸ ਗਰਾਉਂਡ ਵਿਖੇ ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮਨਸਵੀ ਕੁਮਾਰ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਪਰਮਦੀਪ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪੀ.ਐਸ. ਗਿੱਲ, ਐਸ.ਡੀ.ਐਮ. ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਅਤੇ ਕਾਲਜਾਂ ਦੇ ਮੁੱਖੀ ਇਸ ਮੀਟਿੰਗ ਵਿੱਚ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਾਡਾ ਇੱਕ ਰਾਸ਼ਟਰੀ ਸਮਾਗਮ ਹੈ । ਉਨ੍ਹਾਂ ਨੇ ਇਸ ਸਮਾਗਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ, ਸਫ਼ਲਤਾਪੂਰਵਕ ਅਤੇ ਸੁਚਾਰੂ ਢੰਗ ਨੇਪਰੇ ਚਾੜਨ ਲਈ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੀ-ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਪੇਸ਼ ਕੀਤੇ ਜਾਣ ਵਾਲੇ ਮਾਰਚ ਪਾਸਟ, ਪੀ.ਟੀ. ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਰਿਹਸਲਾਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਆਕਰਸ਼ਿਤ ਢੰਗ ਨਾਲ ਆਯੋਜਿਤ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਪਰੇਡ ਅਤੇ ਸਭਿਆਚਾਰਕ ਪ੍ਰ੍ਰੋਗਰਾਮ ਸਬੰਧੀ ਰਿਸਹਲਾਂ 19, 21 ਅਤੇ 22 ਜਨਵਰੀ ਹੋਣਗੀਆਂ ਅਤੇ 24 ਜਨਵਰੀ ਨੂੰ ਫੁਲ ਡਰੈਸ ਰਿਹਸਲ ਪੁਲਿਸ ਗਰਾਉਂਡ ਵਿਖੇ ਕੀਤੀ ਜਾਵੇਗੀ। ਸਭਿਆਚਾਰਕ ਪ੍ਰੋਗਰਾਮ ਦੀ ਚੋਣ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਰਹਿਨੁਮਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਦੇ ਇੰਚਾਰਜ ਐਸ.ਡੀ.ਐਮ. ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ ਹੋਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਰਾ ਪੱਧਰੀ ਗਣਤੰਤਰ ਦਿਵਸ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ।

Post a Comment