ਹਵਾਲਾਤੀ ਤੇ ਕੈਦੀ ਕੇਸਾਂ ਦੀ ਪੈਰਵੀ ਲਈ ਪ੍ਰਾਪਤ ਕਰ ਸਕਦੇ ਨੇ ਵਕੀਲ ਦੀਆਂ ਮੁਫ਼ਤ ਸੇਵਾਵਾਂ : ਜ਼ਿਲ੍ਹਾ ਤੇ ਸੈਸ਼ਨ ਜੱਜ

Thursday, February 28, 20130 comments

ਮਾਨਸਾ, 28 ਫਰਵਰੀ ( ਸਫਲਸੋਚ ) : ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲਗਾਏ ਗਏ ਕਾਨੂੰਨੀ ਜਾਗਰੂਕਤਾ ਕੈਂਪ ਦਾ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਗੁਰਬੀਰ ਸਿੰਘ ਨੇ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਲ੍ਹ ਵਿਚ ਬੰਦ ਹਵਾਲਾਤੀ ਤੇ ਕੈਦੀ ਆਪਣੇ ਕੇਸਾਂ ਦੀ ਪੈਰਵੀ ਲਈ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਵਕੀਲ ਦੀਆਂ ਸੇਵਾਵਾਂ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਬੰਦੀ ਆਪਣੀ ਅਪੀਲ, ਰਿਵੀਜ਼ਨ, ਜਮਾਨਤ ਦੀ ਦਰਖ਼ਾਸਤ ਦਾਇਰ ਕਰਨ ਲਈ ਵੀ ਕਾਨੂੰਨੀ ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। 

ਸ਼੍ਰੀ ਗੁਰਬੀਰ ਸਿੰਘ ਜੋ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਨੂੰ ਵਧੀਆ ਢੰਗ ਨਾਲ ਜੇਲ੍ਹ ਬੰਦੀਆਂ ਤੱਕ ਪਹੁੰਚਾਉਣ ਲਈ ਜੇਲ੍ਹ ਵਿਚ ਹੀ ਲੀਗਲ ਏਡ ਕਲੀਨਕ ਵੀ ਖੋਲ੍ਹਿਆ ਗਿਆ ਹੈ, ਜਿਥੇ ਲੰਬੀ ਸਜ਼ਾ ਭੁਗਤ ਰਹੇ ਕੈਦੀ ਜੇਲ੍ਹ ਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਜਾਂਦੀਆਂ ਹਨ ਅਤੇ ਲੋੜਵੰਦ ਬੰਦੀਆਂ ਦੀਆਂ ਦਰਖ਼ਾਸਤਾਂ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਭੇਜੀਆਂ ਜਾਂਦੀਆਂ ਹਨ। ਇਸ ਮੌਕੇ ਉਨ੍ਹਾਂ ਕੈਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕੈਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜੇਲ੍ਹ ਨੂੰ ਸੁਧਾਰ ਘਰ ਸਮਝਣ ਅਤੇ ਇਥੋਂ ਚੰਗੇ ਨਾਗਰਿਕ ਬਣ ਕੇ ਹੀ ਬਾਹਰ ਨਿਕਲਣ।
ਕੈਂਪ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਕਵਲਜੀਤ ਸਿੰਘ ਨੇ ਜੇਲ੍ਹ ਬੰਦੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਲ੍ਹ ਦੀ ਹਰੇਕ ਬੈਰਕ ਅੰਦਰ ਕਾਨੂੰਨੀ ਸਹਾਇਤਾ ਸਕੀਮਾਂ ਦੇ ਪ੍ਰਚਾਰ ਲਈ ਬੋਰਡ ਲਗਵਾਏ ਜਾਣਗੇ ਤਾਂ ਜੋ ਕੋਈ ਵੀ ਜੇਲ੍ਹ ਬੰਦੀ ਸਕੀਮ ਦੇ ਫਾਇਦੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਧਾਰਾ 265 ਏ.ਸੀ.ਆਰ.ਪੀ.ਸੀ. ਅਧੀਨ ਪਲੀ ਬਾਰਗੇਨਿੰਗ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। 
ਇਸ ਕਾਨੂੰਨੀ ਜਾਣਕਾਰੀ ਕੈਂਪ ਵਿਚ ਲੋੜਵੰਦ ਕੈਦੀਆਂ ਵਲੋਂ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਪੇਸ਼ ਕੀਤੀਆਂ ਦਰਖ਼ਾਸਤਾਂ 'ਤੇ ਕਾਰਵਾਈ ਕਰਦੇ ਹੋਏ ਮੌਕੇ 'ਤੇ ਹੀ ਵਕੀਲਾਂ ਦੀਆਂ ਸੇਵਾਵਾਂ ਮੁਹੱਈਆ ਕੀਤੀਆਂ ਗਈਆਂ। ਇਸ ਮੌਕੇ ਸੀ.ਜੇ.ਐਮ ਸ਼੍ਰੀ ਬਲਵਿੰਦਰ ਕੁਮਾਰ, ਜੇਲ੍ਹ ਸੁਪਰਡੰਟ ਸ਼੍ਰੀ ਸੁਖਵਿੰਦਰ ਸਿੰਘ, ਸਹਾਇਕ ਜ਼ਿਲ੍ਹਾ ਅਟਾਰਨੀ (ਕਾਨੂੰਨੀ ਸੇਵਾਵਾਂ) ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀ ਸ਼ਾਮਲ ਸਨ। 


ਮਾਨਸਾ ਜੇਲ੍ਹ 'ਚ ਲਗਾਏ ਜਾਗਰੂਕਤਾ ਕੈਂਪ ਦੌਰਾਨ ਕੈਦੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਗੁਰਬੀਰ ਸਿੰਘ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger