ਫਿਰੋਜ਼ਪੁਰ 22 ਫਰਵਰੀ (ਸਫਲਸੋਚ ) ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਕਰੀਬ 19 ਸਕੀਮਾਂ ਦੇ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਨਾਰੰਗ ਨੇ ਇਨ੍ਹਾਂ ਸਕੀਮਾਂ ਸਬੰਧੀ ਕੇਸ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਸੋਨਾਲੀ ਗਿਰੀ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਮਿਤ ਬੈਂਬੀ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ, ਉਚ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਭਲਾਈ ਵਿਭਾਗ, ਸਿਹਤ ਵਿਭਾਗ, ਕਿਰਤ ਵਿਭਾਗ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨਾਲ ਸਬੰਧਤ ਕੇਂਦਰ ਸਰਕਾਰ ਦੀਆਂ ਸਕੀਮਾਂ ਜਿਵੇਂ ਵਜੀਫੇ, ਪੈਨਸ਼ਨਾਂ, ਰਾਸ਼ਨ ਆਦਿ ਦੇ ਲਾਭ ਹੁਣ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਾਣਗੇ। ਇਸ ਨਾਲ ਲੋਕਾਂ ਦੀ ਸਰਕਾਰੀ ਦਫਤਰਾਂ ਵਿੱਚ ਖੱਜਲ ਖੁਆਰੀ ਬੰਦ ਹੋਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਇਹਨਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ, ਆਧਾਰ ਕਾਰਡ ਆਦਿ ਸਬੰਧੀ ਸਾਰੀ ਜਾਣਕਾਰੀ ਅਧਿਕਾਰਤ ਪ੍ਰੋਫਾਰਮੇ ਵਿੱਚ ਭਰਕੇ 26 ਫਰਵਰੀ ਤੱਕ ਉਨ੍ਹਾਂ ਦੇ ਦਫਤਰ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਉਹਨਾਂ ਨੂੰ ਬਣਦੇ ਲਾਭ ਦਿੱਤੇ ਜਾ ਸਕਣ।

Post a Comment