ਫਿਰੋਜ਼ਪੁਰ 22 ਫਰਵਰੀ (ਸਫਲਸੋਚ) ਖੂਨਦਾਨ ਸਭ ਤੋਂ ਉਤਮ ਦਾਨ ਹੈ ਜੋ ਕਿ ਕਿਸੇ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਜਾਂ ਘਾਤਕ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਦੀ ਜਾਨ ਬਚਾਉਣ ਦੇ ਕੰਮ ਆਉਂਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਹਸਪਤਾਲ ਭਲਾਈ ਸ਼ਾਖਾ ਫਿਰੋਜ਼ਪੁਰ ਦੀ ਚੇਅਰਪਰਸਨ ਅਤੇ ਸੁਪਤਨੀ ਡਿਪਟੀ ਕਮਿਸ਼ਨਰ ਸ੍ਰੀਮਤੀ ਚਰਨਜੀਤ ਕੌਰ ਨੇ ਸਿਵਲ ਹਸਪਤਾਲ ਵਿਖੇ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਜਿੰਦਗੀ ਵਿੱਚ ਜਿੰਨੀ ਵਾਰ ਹੋ ਸਕੇ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਖੂਨਦਾਨ ਦੇਣ ਨਾਲ ਮਨੁੱਖੀ 'ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਅਤੇ ਦਾਨ ਕੀਤਾ ਹੋਇਆ ਖੂਨ ਥੋੜੇ ਸਮੇਂ ਅੰਦਰ ਮੁੜ ਬਣ ਜਾਂਦਾ ਹੈ। ਚਰਨਜੀਤ ਕੌਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਭਲਾਈ ਦੇ ਕੰਮਾਂ ਨਾਲ ਜੁੜ ਕੇ ਇੱਕ ਨਿਰੋਏ ਸਮਾਜ ਦੀ ਰਚਨਾ ਕਰਨ। ਉਨ੍ਹਾਂ ਕਿਹਾ ਕਿ ਅੱਜ ਸਾਡੇ ਨੌਜਵਾਨਾਂ ਦੀ ਗਲਤ ਕੰਮਾਂ ਵਿੱਚ ਵੱਧ ਰਹੀ ਦਿਲਚਸਪੀ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਜਿਸ ਨੂੰ ਰੋਕਣਾ ਸਾਡਾ ਸਾਰਿਆਂ ਦਾ ਮੁਢਲਾ ਫਰਜ਼ ਬਣਦਾ ਹੈ ਕਿਉਂਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਅਸੀਂ ਆਪਣੇ ਭਵਿੱਖ ਨੂੰ ਹੀ ਸਹੀ ਸੇਧ ਨਾ ਦੇ ਸਕੇ ਤਾਂ ਸਾਡੇ ਲਈ ਬਹੁਤ ਗਲਤ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਖੂਨਦਾਨ ਕੈਂਪ ਵਿੱਚ ਨੌਜਵਾਨਾਂ ਨੇ ਖੂਨਦਾਨ ਕੀਤਾ ਹੈ ਜੋ ਕਿ ਸ਼ਲਾਘਾਯੋਗ ਹੈ ਅਤੇ ਆਸ ਹੈ ਕਿ ਭਵਿੱਖ ਵਿੱਚ ਵੀ ਇਹ ਇਸੇ ਤਰ੍ਹਾਂ ਅਜਿਹੇ ਕੰਮਾਂ ਨਾਲ ਜੁੜੇ ਰਹਿਣਗੇ। ਇਸ ਮੌਕੇ ਸਕੱਤਰ ਰੈਡ ਕਰਾਸ ਸ੍ਰੀ ਅਸ਼ੋਕ ਬਹਿਲ ਨੇ ਦੱਸਿਆ ਕਿ ਅੱਜ ਦੇ ਖੂਨਦਾਨ ਕੈਂਪ ਵਿੱਚ 22 ਯੂਨਿਟ ਖੂਨ ਇਕੱਤਰ ਹੋਇਆ ਹੈ। ਇਸ ਉਪਰੰਤ ਸ੍ਰੀਮਤੀ ਚਰਨਜੀਤ ਕੌਰ ਸਿਵਲ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰ, ਰੈਡ ਕਰਾਸ ਸ਼ਾਖਾ ਦੇ ਕਰਮਚਾਰੀ ਅਤੇ ਸਿਵਲ ਹਸਪਤਾਲ ਦੇ ਡਾਕਟਰ ਅਤੇ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।


Post a Comment